ਪੰਜਾਬ ’ਚ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ’ਤੇ ਪਾਬੰਦੀ

0
224

ਚੰਡੀਗੜ੍ਹ:ਪੰਜਾਬ ਸਰਕਾਰ ਨੇ ਸੂਬੇ ਨੂੰ ਹਰਾ-ਭਰਾ ਅਤੇ ਕਾਰਬਨ ਨਿਕਾਸੀ ਘਟਾਉਣ ਲਈ ਜੁਲਾਈ ਤੋਂ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਸਕੱਤਰ ਰਾਹੁਲ ਤਿਵਾੜੀ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਮਹਾਨ ਗੁਰੂਆਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਪੰਜਾਬ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਵਾਤਾਵਰਨ ਦੀ ਸੰਭਾਲ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਲੋਕਾਂ ਨੂੰ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਪੁਰਸਕਾਰ’ ਦੇਣ ਦਾ ਫ਼ੈਸਲਾ ਲਿਆ ਹੈ। ਇਹ ਪੁਰਸਕਾਰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵਿਅਕਤੀਆਂ ਅਤੇ ਸੰਸਥਾਵਾਂ ਵੱਲੋਂ ਕੀਤੀ ਗਈ ਬੇਮਿਸਾਲ ਮਿਹਨਤ ਬਦਲੇ ਦਿੱਤਾ ਜਾਵੇਗਾ। ਸ੍ਰੀ ਤਿਵਾੜੀ ਨੇ ਪੰਜਾਬ ਵਿੱਚ 55 ਐੱਸਟੀਪੀਜ਼ ਸਥਾਪਤ ਕਰਨ ਦਾ ਐਲਾਨ ਵੀ ਕੀਤਾ ਹੈ। ਅਤਿ-ਆਧੁਨਿਕ ਪਲਾਂਟ ਜਲ ਪ੍ਰਦੂਸ਼ਣ ਦੇ ਪੱਧਰ ਨੂੰ ਕੁਝ ਹੱਦ ਤੱਕ ਘਟਾਉਣ ਦੇ ਨਾਲ-ਨਾਲ ਸੋਧੇ ਹੋਏ ਪਾਣੀ ਰਾਹੀਂ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਲਈ ਉਸ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਿਕ ਇਕਾਈਆਂ ਵਿੱਚ ਅਤਿ ਆਧੁਨਿਕ ਮੀਟਰ ਲਗਾ ਕੇ ਉਨ੍ਹਾਂ ਦੀ ਆਨਲਾਈਨ ਨਿਗਰਾਨੀ ਸ਼ੁਰੂ ਕਰ ਦਿੱਤੀ ਹੈ। ਤਿਵਾੜੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਰ੍ਹੇ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਤੈਅ ਕੀਤਾ ਹੈ ਅਤੇ ਕਾਰਬਨ ਨਿਕਾਸੀ ਨੂੰ ਘਟਾਉਣ ਲਈ ‘ਕਲਾਈਮੇਟ ਐਕਸ਼ਨ ਪਲਾਨ 2.0’ ਤਿਆਰ ਹੈ। ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਡਾ. ਆਦਰਸ਼ ਪਾਲ ਤੇ ਮੈਂਬਰ ਸਕੱਤਰ ਇੰਜਨੀਅਰ ਕਰੁਨੇਸ਼ ਗਰਗ, ਵਾਤਾਵਰਨ ਅਤੇ ਜਲਵਾਯੂ ਬਦਲਾਅ ਦੇ ਡਾਇਰੈਕਟਰ ਡਾ. ਮਨੀਸ਼ ਕੁਮਾਰ, ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਦੇ ਡਾਇਰੈਕਟਰ ਜਨਰਲ ਡਾ. ਨੀਲਿਮਾ ਜੈਰਥ, ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਦੇ ਪ੍ਰਬੰਧਕੀ ਡਾਇਰੈਕਟਰ ਡਾ. ਜੇ ਕੇ ਅਰੋੜਾ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਨੋਡਲ ਅਫ਼ਸਰ ਗੁਰਹਰਮਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।