ਪ੍ਰਵਾਸੀ ਭਾਰਤੀਆਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਵਲੋਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰ ਨਿਯੁਕਤ

0
93

ਚੰਡੀਗੜ੍ਹ (ਬਿਊਰੋ)-ਪ੍ਰਵਾਸੀ ਭਾਰਤੀਆਂ (ਐਨ. ਆਰ. ਆਈਜ਼) ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਫ਼ੌਰੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫ਼ੀਲਡ ਅਫ਼ਸਰਾਂ’ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ | ਮੁੱਖ ਮੰਤਰੀ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਆਂ 23 ਅਸਾਮੀਆਂ ਨੂੰ ਖ਼ਤਮ ਕਰਕੇ ‘ਮੁੱਖ ਮੰਤਰੀ ਫ਼ੀਲਡ ਅਫ਼ਸਰ’ ਦੀਆਂ 23 ਅਸਾਮੀਆਂ ਦੀ ਸਿਰਜਣਾ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ ‘ਤੇ ਕਰਨ ਲਈ ਉਨ੍ਹਾਂ ਨੂੰ ਬਿਹਤਰ ਅਸਰਦਾਰ ਅਤੇ ਸ਼ਕਤੀਸ਼ਾਲੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਮੁਹੱਈਆ ਕਰਵਾਈ ਜਾਵੇ | ਭਗਵੰਤ ਮਾਨ ਨੇ ਦੱਸਿਆ ਕਿ ਇਕ ਹੋਰ ਮਹੱਤਵਪੂਰਨ ਫ਼ੈਸਲੇ ਲੈਂਦੇ ਹੋਏ ਸੂਬਾ ਸਰਕਾਰ ਨੇ ਹੁਣ ਐਨ.ਆਰ.ਈਜ਼ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫ਼ੀਲਡ ਅਫ਼ਸਰਾਂ’ ਨੂੰ ਨੋਡਲ ਅਫ਼ਸਰ ਦੇ ਤੌਰ ਉਤੇ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ |