ਅਕਾਲ ਤਖ਼ਤ ਵੱਲੋਂ ਕੈਪਟਨ ਨੂੰ ਅਲਟੀਮੇਟਮ

0
400

ਅੰਮ੍ਰਿਤਸਰ: ਜੇਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਦੇ ਸੌਦਾਗਰਾਂ ਵਿਰੁੱਧ ਕਾਰਵਾਈ ਨਹੀਂ ਕੀਤੀ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਹ ਕਹਿਣਾ ਹੈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਸ਼ਿਆਂ ਦੇ ਸੌਦਾਗਰਾਂ ਖਿਲਾਫ਼ ਕਾਰਵਾਈ ਕਰਨ ਲਈ ਕਹਿ ਦਿੱਤਾ ਹੈ ਤੇ ਜੇ ਉਹ ਕਾਰਵਾਈ ਨਾ ਕਰਨਗੇ ਤਾਂ ਸਮਾਂ ਬਹੁਤ ਦੂਰ ਨਹੀਂ ਹੈ।
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਅੱਜ ਨਸ਼ਿਆਂ ਦੇ ਮੁੱਦੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਹਰ ਰੋਜ਼ ਨੌਜਵਾਨਾਂ ਦੀਆਂ ਨਸ਼ਿਆਂ ਕਾਰਨ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਸ਼ਿਆਂ ਨੂੰ ਵੇਚਣ ਵਾਲਿਆਂ ਨੂੰ ਨਕੇਲ ਪਾਉਣ ਕਿਉਂਕਿ ਸਰਕਾਰ ਕੋਲ ਉਨ੍ਹਾਂ ਦੀ ਨਿਸ਼ਾਨਦੇਹੀ ਹੈ ਜੋ ਨਸ਼ੇ ਵੇਚਦੇ ਹਨ ਤੇ ਜਾਂ ਵਿਕਵਾਉਂਦੇ ਹਨ। ਜਥੇਦਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਫਿਰ ਕੋਈ ਵੱਡੇ ਨੁਕਸਾਨ ਨੂੰ ਕਿਵੇਂ ਰੋਕ ਸਕਦਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੇ ਵੇਚਣ ਵਾਲਿਆਂ ਦੇ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਜਿਹੜੇ ਲੋਕ ਇਸ ਦੇ ਲਈ ਜ਼ਿੰਮੇਵਾਰ ਹਨ ਤੇ ਨਸ਼ੇ ਪਕਾਉਂਦੇ ਹਨ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਜਾਣ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਹ ਵੀ ਆਖਿਆ ਕਿ ਨਸ਼ਿਆਂ ਦੇ ਵਿੱਚ ਗਲਤਾਨ ਹੋ ਚੁੱਕੀ ਨੌਜਵਾਨੀ ਨੂੰ ਬਚਾਉਣ ਲਈ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੌਸਲਾ ਦੇਣ ਲਈ ਵੀ ਸਰਕਾਰ ਫੌਰੀ ਕਦਮ ਚੁੱਕੇ। ਉਨ੍ਹਾਂ ਜੋਧਪੁਰ ਵਿੱਚ ਕੈਦ ਰਹੇ ਸਿੱਖਾਂ ਨੂੰ ਮੁਆਵਜ਼ਾ ਦੇਣ ‘ਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।