ਕਰਤਾਰਪੁਰ ਲਾਂਘੇ ਦੀਆਂ ਉਮੀਦਾਂ ‘ਤੇ ਫਿਰਿਆ ਪਾਣੀ

0
369

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨਾਲ ਅਮਰੀਕਾ ਵਿੱਚ ਹੋਣ ਵਾਲੀ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਵਿੱਚ ਪਾਕਿਸਤਾਨ ਦੀ ਭੂਮਿਕਾ ਨੂੰ ਦੇਖਦਿਆਂ ਅਮਰੀਕਾ ਵਿੱਚ ਇਸ ਮਹੀਨੇ ਦੇ ਅੰਤ ਵਿੱਚ ਹੋਣ ਵਾਲੀ ਵਿਦੇਸ਼ ਮੰਤਰੀਆਂ ਦੀ ਬੈਠਕ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਦੋਵਾਂ ਦੇਸ਼ਾਂ ਦਰਮਿਆਨ ਹੋਣ ਵਾਲੀ ਗੱਲਬਾਤ ‘ਤੇ ਵੀ ਰੋਕ ਲੱਗ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹੀ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਪਾਕਸਿਤਾਨ ਨਾਲ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਬਹਾਲੀ ਲਈ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ। ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਸੀ ਕਿ 25 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਯੂਨਾਈਟਿਡ ਨੇਸ਼ਨਜ਼ ਦੀ 73ਵੀਂ ਜਨਰਲ ਅਸੈਂਬਲੀ ਵਿੱਚ ਭਾਰਤੀ ਵਿਦੇਸ਼ ਮੰਤਰੀ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਸੀ ਕਿ ਇਸ ਮੌਕੇ ਸੁਸ਼ਮਾ ਸਵਰਾਜ, ਸ਼ਾਹ ਮਹਿਮੂਦ ਕੁਰੈਸ਼ੀ ਕੋਲ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮੁੱਦਾ ਚੁੱਕਣਗੇ। ਬੁਲਾਰੇ ਨੇ ਦੱਸਿਆ ਸੀ ਕਿ ਇਸ ਬੈਠਕ ਬਾਰੇ ਫਿਲਹਾਲ ਭਾਰਤ ਨੇ ਆਪਣਾ ਏਜੰਡਾ ਤੈਅ ਨਹੀਂ ਕੀਤਾ, ਪਰ ਹੁਣ ਕਰਤਾਪੁਰ ਸਾਹਿਬ ਦੇ ਲਾਂਘੇ ਦੇ ਖੁੱਲ੍ਹਣ ਦੀਆਂ ਇਨ੍ਹਾਂ ਸਾਰੀਆਂ ਸੰਭਾਵਨਾਵਾਂ ਉੱਪਰ ਫਿਰ ਤੋਂ ਰੋਕ ਲੱਗ ਗਈ ਹੈ।

ਅੱਜ ਯਾਨੀ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਵਾਪਰੀਆਂ ਘਟਨਾਵਾਂ ਕਾਰਨ ਪਾਕਿਸਤਾਨ ਦੇ ਦੋਹਰੇ ਮਾਪਦੰਡ ਉਜਾਗਰ ਹੋ ਗਏ ਹਨ। ਬੁਲਾਰੇ ਨੇ ਕਿਹਾ ਕਿ ਇਨ੍ਹਾਂ ਹਿੰਸਕ ਵਾਰਦਾਤਾਂ ਕਰਕੇ ਹੀ ਭਾਰਤ ਹੁਣ ਪਾਕਿਸਤਾਨ ਨਾਲ ਕਿਸੇ ਵੀ ਕਿਸਮ ਦੀ ਗੱਲ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਕਥਨੀ ਤੇ ਕਰਨੀ ਵਿੱਚ ਬਹੁਤ ਫਰਕ ਹੈ। ਬੁਲਾਰੇ ਨੇ ਪਾਕਿਸਤਾਨ ਵੱਲੋਂ ਅੱਤਵਾਦੀ ਬੁਰਹਾਨ ਵਾਨੀ ਦੇ ਨਾਂਅ ‘ਤੇ ਡਾਕ ਟਿਕਟ ਜਾਰੀ ਕਰਨ ‘ਤੇ ਵੀ ਇਤਰਾਜ਼ ਜਤਾਇਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖਿਆ ਪੱਤਰ ਮੀਡੀਆ ਵਿੱਚ ਜਾਰੀ ਹੋਣ ਤੋਂ ਬਾਅਦ ਭਾਰਤ ਨੇ ਵਿਦੇਸ਼ ਮੰਤਰੀਆਂ ਦੀ ਯੂਐਨ ਦੀ ਅਸੈਂਬਲੀ ਵਿੱਚ ਗੱਲਬਾਤ ਨੂੰ ਹਰੀ ਝੰਡੀ ਦੇ ਦਿੱਤੀ ਸੀ। ਪਰ ਅੱਜ ਤੇ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਵੱਖ-ਵੱਖ ਸਥਾਨਾਂ ‘ਤੇ ਬੀਐਸਐਫ ਜਵਾਨ ਦਾ ਕਤਲ ਤੇ ਐਸਪੀਓਜ਼ ਦੀਆਂ ਹੱਤਿਆਵਾਂ ਦੀਆਂ ਘਟਨਾਵਾਂ ਨੇ ਘਾਟੀ ਵਿੱਚ ਦਹਿਸ਼ਤ ਦਾ ਮਾਹੌਲ ਸਿਰਜ ਦਿੱਤਾ ਹੈ। ਭਾਰਤ ਨੇ ਇਸ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਦਾ ਤਰਕ ਦਿੰਦਿਆਂ ਵਿਦੇਸ਼ ਮੰਤਰੀਆਂ ਦੀ ਇਹ ਮੁਲਾਕਾਤ ਰੱਦ ਕਰ ਦਿੱਤੀ ਹੈ।