ਨੌਜਵਾਨਾਂ ਨੂੰ ਜਲਦੀ ਮਿਲਣਗੇ ਸਮਾਰਟਫੋਨ: ਕੈਪਟਨ

0
210

ਲੁਧਿਆਣਾ: ‘ਨਸ਼ੇ ਤੋਂ ਆਜ਼ਾਦੀ’ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 72ਵੇਂ ਆਜ਼ਾਦੀ ਦਿਹਾੜੇ ਮੌਕੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਕੂਲਾਂ-ਕਾਲਜਾਂ ਤਕ ਲਿਜਾਣ ਲਈ ‘ਤੂੰ ਮੇਰਾ ਬਡੀ’ ਪ੍ਰੋਗਰਾਮ ਦਾ ਆਗਾਜ਼ ਕੀਤਾ। ਅੱਜ ਇੱਥੇ ਤਿਰੰਗਾ ਫਹਿਰਾਉਣ ਬਾਅਦ ਮੁੱਖ ਮੰਤਰੀ ਨੇ ਵਪਾਰਕ ਬੈਂਕਾਂ ਤੋਂ ਕਰਜ਼ਾ ਚੁੱਕਣ ਵਾਲੇ ਕਿਸਾਨਾਂ ਲਈ ਖੇਤੀ ਕਰਜ਼ਾ ਮੁਆਫੀ ਸਕੀਮ ਦੇ ਦੂਜੇ ਪੜਾਅ ਦਾ ਆਰੰਭ ਕਰਨ ਦੇ ਨਾਲ-ਨਾਲ ਭਾਈ ਘਨ੍ਹੱਈਆ ਸਿਹਤ ਸੇਵਾ ਯੋਜਨਾ ਦੀ ਵੀ ਸ਼ੁਰੂਆਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ 10 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੀ ਸੌਂਪੇ। ਉਨ੍ਹਾਂ ਕਿਹਾ ਕਿ ਯੋਗ ਨੌਜਵਾਨਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਬਹੁਤ ਛੇਤੀ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਪ੍ਰਣ ਕਰਨ ਦਾ ਸੱਦਾ ਦਿੱਤਾ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਇਸ ਤਹਿਤ ਉਨ੍ਹਾਂ ‘ਤੂੰ ਮੇਰਾ ਬੱਡੀ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਵਿਦਿਆਰਥਿਆਂ ਦੀ ਭਾਈਵਾਲੀ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲੈ ਜਾਇਆ ਜਾਵੇਗਾ।

ਭਾਈ ਘਨੱਈਆ ਸਿਹਤ ਸੇਵਾ ਸਕੀਮ ਦਾ ਆਰੰਭ ਕਰਦਿਆਂ ਮੁੱਖ ਮੰਤਰੀ ਨੇ ਇਸ ਸਕੀਮ ਦੇ ਕੁਝ ਲਾਭਪਾਤਰੀਆਂ ਨੂੰ ਕਾਰਡ ਵੀ ਸੌਂਪੇ। ਇਸ ਸਕੀਮ ਦਾ ਮਕਸਦ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਨਗਦੀ ਰਹਿਤ ਸਿਹਤ ਸੇਵਾਵਾਂ ਅਤੇ ਇਲਾਜ ਮੁਹੱਈਆ ਕਰਵਾਉਣਾ ਹੈ। ਇਸ ਸਕੀਮ ਤਹਿਤ ਪੰਜਾਬ ਵਿੱਚ ਕਿਸੇ ਵੀ ਸਰਕਾਰੀ ਹਸਪਤਾਲ ਅਤੇ ਹੋਰ ਕਿਸੇ ਮਨਜ਼ੂਰਸ਼ੁਦਾ ਹਸਪਤਾਲ ਪਾਸੋਂ ਲਾਭਪਾਤਰੀ ਪਰਿਵਾਰ ਦੋ ਲੱਖ ਰੁਪਏ ਤਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦਾ ਹੱਕਦਾਰ ਹੈ।

ਫਸਲਾਂ ਦੀ ਰਹਿੰਦ-ਖੂੰਦ ਦੇ ਸੁਚੱਜੇ ਪ੍ਰਬੰਧਨ ਲਈ ਮੁੱਖ ਮੰਤਰੀ ਨੇ ਸਬਸਿਡੀ ਦੇ ਆਧਾਰ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਕੀਮ ਦਾ ਵੀ ਆਰੰਭ ਕੀਤਾ ਜਿਸ ਨਾਲ ਪਰਾਲੀ ਸਾੜਣ ਦੀ ਸਮੱਸਿਆ ਦਾ ਹੱਲ ਕਰਨ ਵਿੱਚ ਮਦਦ ਮਿਲੇਗੀ। ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅਜਿਹੀਆਂ 500 ਹੋਰ ਮਸ਼ੀਨਾਂ ਦਾ ਆਰਡਰ ਦਾ ਦਿੱਤਾ ਗਿਆ ਹੈ ਜੋ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਅਗਲੇ ਦੋ ਮਹੀਨਿਆਂ ਵਿੱਚ ਕਿਸਾਨਾਂ ਨੂੰ ਦੇ ਦਿੱਤੀਆਂ ਜਾਣਗੀਆਂ।

ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਰਾਹੀਂ ਹੁਣ ਤੱਕ ਦੋ ਲੱਖ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਾਲ 2018-19 ਦੌਰਾਨ ਤਿੰਨ ਲੱਖ ਹੋਰ ਨੌਕਰੀਆਂ ਪੈਦਾ ਕਰਨ ਦਾ ਟੀਚਾ ਹੈ।