ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਕਿਉਂ? : ਫੂਲਕਾ

0
296

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਐਚਐਸ ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਦੇਣ ਦਾ ਵਿਰੋਧ ਕਰਦਿਆਂ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਤਫਤੀਸ਼ ਸੀਬੀਆਈ ਦੀ ਥਾਂ ਪੰਜਾਬ ਪੁਲਿਸ ਨੂੰ ਹੀ ਕਰਨੀ ਚਾਹੀਦੀ ਹੈ।

ਫੂਲਕਾ ਨੇ ਕੈਪਟਨ ਸਰਕਾਰ ਕੋਲੋਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਦੀ ਤਫਤੀਸ਼ ਪੰਜਾਬ ਪੁਲਿਸ ਨੂੰ ਸੌਂਪੀ ਜਾਵੇ ਤੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਗ੍ਰਿਫਤਾਰੀਆਂ ਸ਼ੁਰੂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਦੀ ਥਾਂ ਸੀਬੀਆਈ ਹਵਾਲੇ ਕਰਨ ਦਾ ਵਿਰੋਧ ਕੀਤਾ।

ਫੂਲਕਾ ਨੇ ਕਿਹਾ ਕਿ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਸਹੀ ਤੱਥਾਂ ਦੇ ਆਧਾਰ ‘ਤੇ ਇਹ ਰਿਪੋਰਟ ਤਿਆਰ ਕੀਤੀ ਹੈ। ਅਗਲੀ ਤਫਤੀਸ਼ ਵੀ ਉਨ੍ਹਾਂ ਕੋਲ ਹੀ ਰਹਿਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਹਵਾਲੇ ਕਰਨ ਦਾ ਫੈਸਲਾ ਕੀਤਾ ਸੀ। ਹਾਲਾਂਕਿ ਕੈਪਟਨ ਦੇ ਇਸ ਫੈਸਲੇ ਦਾ ਚੁਫੇਰਿਉਂ ਤਿੱਖਾ ਵਿਰੋਧ ਹੋ ਰਿਹਾ ਹੈ। ਮੰਨਿਆ ਜਾਂਦਾ ਹੈ ਕਿ ਜਾਂਚ ਠੰਢੇ ਬਸਤੇ ‘ਚ ਪਾਉਣ ਲਈ ਕੈਪਟਨ ਨੇ ਇਹ ਫੈਸਲਾ ਲਿਆ ਹੈ।