ਸੁਰਜੀਤ ਹਾਕੀ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ

0
420

ਜਲੰਧਰ   : ਬਰਲਟਨ ਪਾਰਕ ਵਿੱਚ 34ਵਾਂ ਸੁਰਜੀਤ ਹਾਕੀ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ। ਦੇਰ ਸ਼ਾਮ ਇਸ ਟੂਰਨਾਮੈਂਟ ਦਾ ਉਦਘਾਟਨ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕੀਤਾ। ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਲੜਕੀਆਂ ਦੀਆਂ ਟੀਮਾਂ ਦੇ ਹੋਏ ਮੁਕਾਬਲਿਆਂ ਵਿਚ ਸੀਆਰਪੀਐਫ ਦਿੱਲੀ ਨੇ ਯੂਕੋ ਬੈਂਕ ਦੀ ਟੀਮ ਨੂੰ 3-1 ਨਾਲ ਹਰਾਇਆ। ਟੂਰਨਾਮੈਂਟ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਤੇ ਖੇਡ ਵਿਭਾਗ ਵੱਲੋਂ ਸਕੂਲਾਂ ਵਿੱਚ ਖਿਡਾਰੀਆਂ ਨੂੰ ਢੁੱਕਵਾਂ ਮਾਹੌਲ ਦੇਣ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਾਕੀ ਦਾ ਗੜ੍ਹ ਹੈ ਅਤੇ ਇਸ ਮਹਾਨ ਵਿਰਾਸਤ ਨੂੰ ਅੱਗੇ ਵਧਾਉਣ ਲਈ ਸਿੱਖਿਆ ਵਿਭਾਗ ਵਚਨਬੱਧਤਾ ਨਾਲ ਯਤਨ ਕਰੇਗਾ। ਸੁਰਜੀਤ ਹਾਕੀ ਸੁਸਾਇਟੀ ਵੱਲੋਂ ਹਾਕੀ ਦੇ ਉਭਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸੁਸਾਇਟੀ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਬੀਤੇ ਦਿਨ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਹਾਕੀ ਦੇ 5 ਖਿਡਾਰੀ ਇਸ ਸੁਸਾਇਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਉਭਰਦੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਤੇ ਪਲੇਟਫਾਰਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪਰਗਟ ਸਿੰਘ, ਰਜਿੰਦਰ ਬੇਰੀ, ਬਾਵਾ ਹੈਨਰੀ (ਸਾਰੇ ਵਿਧਾਇਕ), ਪੁਲੀਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨਹਾ ਆਦਿ ਹਾਜ਼ਰ ਸਨ।