ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਮਹਾਨ ਗੁਰਸਿੱਖ ਭਾਈ ਮਨੀ ਸਿੰਘ ਜੀ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾ ਕੇ, ਦਸ਼ਮੇਸ਼ ਪਿਤਾ ਸ੍ਰੀ ਗੋਬਿੰਦ ਸਿੰਘ ਜੀ ਨੇ ਮਾਲਵੇ ਦੀ ਧਰਤੀ ਨੂੰ ਸੁਭਾਗ ਬਖ਼ਸ਼ਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕੋ-ਇੱਕ ਧਾਰਮਿਕ ਗ੍ਰੰਥ ਹਨ, ਜੋ ਸਾਰੀ ਮਨੁੱਖਤਾ ਦੇ ਸਾਂਝੇ ਹਨ ਅਤੇ, ਜਿਹਨਾਂ ਨੂੰ ‘ ਗੁਰੂ ‘ ਦਾ ਦਰਜਾ ਪ੍ਰਾਪਤ ਹੈ।
ਸ੍ਰੀ ਆਦਿ ਗ੍ਰੰਥ ਦੀ ਸੰਪਾਦਨਾ ਪੰਜਵੇਂ ਸਤਿਗੁਰੂ, ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਕਰ-ਕਮਲਾਂ ਨਾਲ ਹੋਈ, ਜਿਹਨਾਂ ਨੇ ਗੁਰੂ ਸਾਹਿਬਾਨ ਅਤੇ ਸਤਿਕਾਰਯੋਗ ਭਗਤ ਤੇ ਭੱਟਾਂ ਦੀ ਬਾਣੀ ਨੂੰ ਇਕੱਤਰ ਕਰਕੇ ਸ੍ਰੀ ਆਦਿ ਗ੍ਰੰਥ ਦੀ ਰਚਨਾ ਕੀਤੀ। ਇਸੇ ਸ੍ਰੀ ਆਦਿ ਗ੍ਰੰਥ ‘ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦਰਜ ਕਰਕੇ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਰਚਨਾ ਕੀਤੀ। ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ, ਅਤੇ ਗੁਰੂ ਥਾਪ ਕੇ ਸਿੱਖ ਕੌਮ ਨੂੰ ਸਦੀਵੀ ਤੇ ਸ਼ਬਦ ਗੁਰੂ ਦੇ ਲੜ ਲਾਇਆ।
ਦਸਾਂ ਪਾਤਸ਼ਾਹੀਆਂ ਦੀ ਜਗਦੀ ਜੋਤ, ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸੰਪੂਰਨਤਾ ਦਿਵਸ ਦੀਆਂ ਦੇਸ਼-ਵਿਦੇਸ਼ ਵਸਦੀ ਸਮੂਹ ਗੁਰੂ ਰੂਪ ਸਾਧ-ਸੰਗਤ ਨੂੰ ਲੱਖ-ਲੱਖ ਵਧਾਈ ਹੋਵੇ ਜੀ।