ਜਲੰਧਰ : ਗੁਜਰਾਤ ਫਾਈਲਜ਼’ ਦੀ ਲੇਖਕਾ ਤੇ ਪੱਤਰਕਾਰ ਰਾਣਾ ਅਯੂਬ ਨੇ ਕਿਹਾ ਕਿ 2002 ਦੇ ਗੁਜਰਾਤ ਦੰਗਿਆਂ ਜਾਂ ਫਿਰ 1992 ਦੌਰਾਨ ਬਾਬਰੀ ਮਸਜਿਦ ਢਾਹੁਣ ਸਮੇਂ ਜੋ ਹਾਲਾਤ ਬਣੇ ਸਨ, ਉਨ੍ਹਾਂ ਨੂੰ ਦੋਹਰਾਏ ਜਾਣ ਦਾ ਡਰ ਬਣਿਆ ਹੋਇਆ ਹੈ। ‘ਗੁਜਰਾਤ ਮਾਡਲ’ ਨੂੰ ਦੇਸ਼ ਵਿੱਚ ਸਫ਼ਲਤਾਪੂਰਵਕ ਲਾਗੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਰਾਣਾ ਅਯੂਬ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇੰਜ ਲੱਗ ਰਿਹਾ ਹੈ ਕਿ 2024 ਤੱਕ ਭਾਜਪਾ ਦੇਸ਼ ਵਿੱਚ ਰਾਜ ਕਰੇਗੀ। ਉਨ੍ਹਾਂ ਕਿਹਾ ਕਿ 1984 ’ਚ ਦਿੱਲੀ ਵਿੱਚ ਹੋਏ ਸਿੱਖਾਂ ਦੇ ਕਤਲ ਅਤੇ 2002 ਵਿੱਚ ਗੁਜਰਾਤ ਦੰਗਿਆਂ ਨੂੰ ਦੇਖਦਿਆਂ ਸਪੱਸ਼ਟ ਹੁੰਦਾ ਹੈ ਕਿ ਰਾਜੀਵ ਗਾਂਧੀ ਤੇ ਨਰਿੰਦਰ ਮੋਦੀ ਦੀਆਂ ਨੀਤੀਆਂ ਵਿੱਚ ਬਹੁਤਾ ਫਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹੁੰਦਿਆਂ ਰਾਜੀਵ ਗਾਂਧੀ ਨੇ ਜੋ ਕੁਝ ਨਵੰਬਰ 1984 ਵਿੱਚ ਕੀਤਾ ਸੀ, ਉਹ ਹੀ 2002 ਵਿੱਚ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਹੁੰਦਿਆਂ ਕੀਤਾ ਸੀ। ਉਨ੍ਹਾਂ ਕਿਹਾ ਕਿ ਰਾਜਨੀਤਿਕ ਆਗੂ ਫਿਰਕੂ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੀਐੱਸਟੀ ਦੀਆਂ ਗ਼ਲਤੀਆਂ ਨੂੰ ਛੁਪਾਉਣ ਲਈ ਇਕਦਮ ਰਾਸ਼ਟਰਵਾਦੀ ਮੁੱਦਿਆਂ ਨੂੰ ਉਭਾਰਿਆ ਜਾ ਰਿਹਾ ਹੈ।