ਹਰਿਮੰਦਰ ਸਾਹਿਬ ਦੇ ਨਾਂ ’ਤੇ ਉਗਰਾਹੀ ਕਰਨ ਵਾਲਿਆਂ ਨੂੰ ਤਾੜਨਾ

0
279

ਅੰਮ੍ਰਿਤਸਰ :  ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ’ਤੇ ਉਗਰਾਹੀ ਸਬੰਧੀ ਸੰਗਤਾਂ ਨੂੰ ਸੁਚੇਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਹਰਿਮੰਦਰ ਸਾਹਿਬ ਦੇ ਨਾਂ ’ਤੇ ਉਗਰਾਹੀ ਕਰਨ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ ਅਤੇ ਨਾ ਹੀ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਪਾਸ ਜਾ ਕੇ ਉਗਰਾਹੀ ਕੀਤੀ ਜਾਂਦੀ ਹੈ।
ਇਕ ਬਿਆਨ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਖ਼ੁਦ ਹੀ ਸ਼ਰਧਾ ਤੇ ਸਤਿਕਾਰ ਨਾਲ ਭੇਟਾ ਲੈ ਕੇ ਪੁੱਜਦੀਆਂ ਹਨ। ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ‘ਤੇ ਉਗਰਾਹੀ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਅਤੇ ਜੇ ਕੋਈ ਉਗਰਾਹੀ ਕਰਨ ਲਈ ਸੰਗਤਾਂ ਤੱਕ ਪੁੱਜਦਾ ਹੈ ਤਾਂ ਉਸ ਦੀ ਜਾਣਕਾਰੀ ਸ੍ਰੀ ਦਰਬਾਰ ਸਾਹਿਬ ਦੇ ਦਫ਼ਤਰ ਨੂੰ ਦੇਣ।
ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦਾ ਨਾਂ ਵਰਤ ਕੇ ਕੁਝ ਲੋਕ ਸੰਗਤਾਂ ਤੱਕ ਉਗਰਾਹੀ ਕਰਨ ਲਈ ਪਹੁੰਚ ਕਰਦੇ ਹਨ, ਜਦਕਿ ਅਜਿਹਾ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟਾ ਦੇਣ ਸਮੇਂ ਸੰਗਤਾਂ ਪ੍ਰਬੰਧਕਾਂ ਪਾਸੋਂ ਰਸੀਦ ਜ਼ਰੂਰ ਪ੍ਰਾਪਤ ਕਰਨ।