ਚੰਡੀਗੜ੍ਹ: ਬਰਗਾੜੀ ਗੋਲੀ ਕਾਂਡ ਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਤਾਰਾ ਡੇਰਾ ਸਿਰਸਾ ਨਾਲ ਜੁੜਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ਸਿੱਖ ਸੰਗਠਨਾਂ ਨੇ ਇਲਜ਼ਾਮ ਲਾਇਆ ਹੈ ਕਿ ਪਿਛਲੀ ਅਕਾਲੀ ਸਰਕਾਰ ਨੇ ਵੋਟਾਂ ਖਾਤਰ ਡੇਰਾ ਸਿਰਸਾ ਨੂੰ ਕਲੀਨ ਚਿੱਟ ਦਿੱਤੀ ਸੀ।
ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸਣੇ ਸਿੱਖ ਜਥੇਬੰਦੀਆਂ ਦੀ ਸੋਮਵਾਰ ਨੂੰ ਬਠਿੰਡਾ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਹੋਈ। ਆਗੂਆਂ ਨੇ ਬਰਗਾੜੀ ਗੋਲੀ ਕਾਂਡ ਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਸਬੰਧੀ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਗ੍ਰਹਿ ਮੰਤਰ ਸੁਖਬੀਰ ਸਿੰਘ ਬਾਦਲ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ।
ਉਨ੍ਹਾਂ ਆਖਿਆ ਕਿ ਇਨ੍ਹਾਂ ਘਟਨਾਵਾਂ ਸਬੰਧੀ ਸਿੱਖ ਜਥੇਬੰਦੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਐਕਸ਼ਨ ਕਮੇਟੀ ਬਣਾਈ ਗਈ ਸੀ। ਇਸ ਵਿੱਚ ਕਮੇਟੀ ਨੇ ਜਾਂਚ ਕਰਦੇ ਹੋਏ ਕੁਝ ਡੇਰਾ ਪ੍ਰੇਮੀਆਂ ਨੂੰ ਘੇਰੇ ਵਿੱਚ ਲਿਆਂਦਾ ਸੀ ਪਰ ਫ਼ਰੀਫਕੋਟ ਜ਼ਿਲ੍ਹੇ ਦੇ ਕੁਝ ਪੁਲਿਸ ਅਫ਼ਸਰਾਂ ਨੇ ਉਨ੍ਹਾਂ ਦੀ ਜਾਂਚ ਦੇ ਉਲਟ ਉਨ੍ਹਾਂ ’ਤੇ ਪਰਚੇ ਦਰਜ ਕਰ ਦਿੱਤੇ। ਇਸ ਦੌਰਾਨ ਭਾਈ ਗੁਰਦੀਪ ਸਿੰਘ ਬਠਿੰਡਾ ਦੇ ਦੋਵੇਂ ਮੰਡਿਆਂ ’ਤੇ ਝੂਠੇ ਪਰਚੇ ਦਰਜ ਕੀਤੇ ਗਏ। ਕਾਹਨ ਸਿੰਘ ਵਾਲਾ ਨੇ ਅਕਾਲੀ ਸਰਕਾਰ ’ਤੇ ਸਿੱਖਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰਕੇ ਤਸ਼ੱਦਦ ਢਾਹੁਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਇੱਥੋਂ ਤੱਕ ਕਿਹਾ ਸੀ ਕਿ ਇਨ੍ਹਾਂ ਦੇ ਤਾਰ ਕਥਿਤ ਪਾਕਿਸਤਾਨ ਜੁੜੇ ਹੋਏ ਹਨ।
ਉਨ੍ਹਾਂ ਸੀਬੀਆਈ ਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਹੁਣ ਪੁਲਿਸ ਜਾਂਚ ਦੀ ਸੂਈ ਜਿਹੜੇ ਡੇਰਾ ਪ੍ਰੇਮੀਆਂ ਵੱਲ ਘੁੰਮੀ ਹੈ, ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਕਮੇਟੀ ਨੇ ਵੀ ਘੇਰੇ ਵਿੱਚ ਲਿਆਂਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ‘ਬਾਦਲਾਂ’ ਨੇ ਮਹਿਜ਼ ਵੋਟਾਂ ਖਾਤਰ ਡੇਰੇ ਨੂੰ ਕਲੀਨ ਚਿੱਟ ਦਿੱਤੀ ਸੀ ਅਤੇ ਡੇਰਾ ਪ੍ਰੇਮੀਆਂ ਨੂੰ ਫੜਨ ਦੀ ਬਜਾਏ ਮੌੜ ਬੰਬ ਕਾਂਡ ਬਾਰੇ ਸਿੱਖ ਆਗੂਆਂ ਕੋਲੋਂ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਉਨ੍ਹਾਂ ਨੂੰ 13 ਜੂਨ ਲਈ ਸੰਮਨ ਭੇਜੇ ਹਨ, ਜਿਸ ਲਈ ਉਹ ਜਾ ਕੇ ਆਪਣਾ ਪੱਖ ਰੱਖਣਗੇ।