ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਆਉਣ ਵਾਲੇ ਪਰਿਵਾਰਾਂ ਨੂੰ ਵੱਖ-ਵੱਖ ਕਰਨ ਦੀ ਕਾਰਵਾਈ ‘ਤੇ ਰੋਕ ਲਾ ਦਿੱਤੀ ਹੈ। ਅਮਰੀਕਾ ਵਿੱਚ ਨਾਜਾਇਜ਼ ਰੂਪ ਵਿੱਚ ਦਾਖਲਾ ਲੈਣ ਵਾਲੇ ਪਰਵਾਸੀ ਪਰਿਵਾਰਾਂ ਦੇ ਬੱਚਿਆਂ ਨੂੰ ਵਾੜੇ ਵਿੱਚ ਰੱਖਣ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਅਜਿਹੀ ਕਾਰਵਾਈ ‘ਤੇ ਰੋਕ ਲਾਉਣ ਦੇ ਹੁਕਮ ਦਿੱਤੇ ਹਨ।
ਚੁਫੇਰਿਓਂ ਆਲੋਚਨਾ ਦਾ ਸਾਹਮਣਾ ਕਰ ਰਹੇ ਟਰੰਪ ਨੇ ਇਮੀਗ੍ਰੇਸ਼ਨ ਪਾਲਿਸੀ ਵਿੱਚ ਬਦਲਾਅ ਕਰਦਿਆਂ ਸ਼ਾਸਕੀ ਹੁਕਮਾਂ ‘ਤੇ ਦਸਤਖ਼ਤ ਕੀਤੇ ਹਨ। ਦਰਅਸਲ, ਅਮਰੀਕਾ ਵਿੱਚ ਨਾਜਾਇਜ਼ ਤਰੀਕੇ ਨਾਲ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਬੱਚਿਆਂ ਤੋਂ ਵੱਖਰਾ ਕੀਤਾ ਜਾ ਰਿਹਾ ਸੀ। ਪਿਛਲੇ ਕੁਝ ਹਫ਼ਤਿਆਂ ਵਿੱਚ ਢਾਈ ਹਜ਼ਾਰ ਤੋਂ ਜ਼ਿਆਦਾ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਤੋਂ ਵੱਖਰਾ ਕੀਤਾ ਗਿਆ ਸੀ।
ਟਰੰਪ ਨੇ ਦਰਤਖ਼ਤ ਕਰਦਿਆਂ ਕਿਹਾ ਕਿ ਅਸੀਂ ਪਰਿਵਾਰਾਂ ਨੂੰ ਇਕੱਠੇ ਰੱਖਾਂਗੇ ਤੇ ਇਸ ਨਾਲ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਨਾਲ ਹੀ ਅਸੀਂ ਸਰਹੱਦ ‘ਤੇ ਸਖ਼ਤੀ ਬਣਾਏ ਰੱਖਾਂਗੇ ਤੇ ਅਸੀਂ ਉਨ੍ਹਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ ਜੋ ਦੇਸ਼ ਵਿੱਚ ਨਾਜਾਇਜ਼ ਤਰੀਕੇ ਨਾਲ ਦਾਖ਼ਲ ਹੁੰਦੇ ਹਨ।
ਨਵੇਂ ਹੁਕਮਾਂ ਮੁਤਾਬਕ ਅਮਰੀਕਾ ਵਿੱਚ ਨਾਜਾਇਜ਼ ਦਾਖ਼ਲ ਹੋਣ ਵਾਲੇ ਪਰਿਵਾਰ ਨੂੰ ਵੱਖ-ਵੱਖ ਨਹੀਂ ਕੀਤਾ ਜਾਵੇਗਾ ਤੇ ਮੁਕੱਦਮਾ ਪੂਰਾ ਹੋਣ ਤਕ ਇਕੱਠਿਆਂ ਰੱਖਿਆ ਜਾਵੇਗਾ। ਨਾਲ ਹੀ ਇਹ ਤਜਵੀਜ਼ ਵੀ ਦਿੱਤੀ ਗਈ ਹੈ ਕਿ ਜੇਕਰ ਪਰਿਵਾਰ ਵਾਲੇ ਬੱਚਿਆਂ ਲਈ ਖ਼ਤਰਾ ਬਣਨਗੇ ਤਾਂ ਉਨ੍ਹਾਂ ਨੂੰ ਵੱਖਰਾ ਕਰ ਦਿੱਤਾ ਜਾਵੇਗਾ।