ਆਉਣ ਵਾਲੇ ਤਿੰਨ ਦਿਨ ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ

0
320

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਨੇ ਸੂਚਨਾ ਜਾਰੀ ਕਰ ਦੱਸਿਆ ਹੈ ਕਿ 22 ਤੋਂ 24 ਸਤੰਬਰ ਤਕ ਸੂਬੇ ਵਿੱਚ ਦੂਰ-ਦੂਰ ਤਕ ਭਾਰੀ ਮੀਂਹ ਪੈ ਸਕਦਾ ਹੈ। ਚੇਤਾਵਨੀ ਦੇ ਸੱਚ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਝੋਨੇ ਦੀ ਫ਼ਸਲ ਦੀ ਵਾਢੀ ਸ਼ੁਰੂ ਹੋਣ ਵਾਲੀ ਹੈ ਅਤੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਵੀ ਸ਼ੁਰੂ ਹੋਣ ਵਾਲੀ ਹੈ।

ਪੰਜਾਬ ਖੇਤੀਬਾੜੀ ਵਿਭਾਗ ਨੇ ਕੇਂਦਰੀ ਭੂ ਵਿਗਿਆਨ ਮੰਤਰਾਲੇ ਵੱਲੋਂ ਜਾਰੀ ਸੂਚਨਾ ਦੇ ਆਧਾਰ ‘ਤੇ ਚੇਤਾਵਨੀ ਦਿੱਤੀ ਹੈ। ਚੇਤਾਵਨੀ ਵਿੱਚ ਦੱਸਿਆ ਗਿਆ ਹੈ ਕਿ ਦੋਆਬਾ, ਮਾਝਾ ਤੇ ਮਾਲਵਾ ਵਿੱਚ ਭਾਰੀ ਬਰਸਾਤ (7 ਤੋਂ ਲੈਕੇ 12 ਸੈਂਟੀਮੀਟਰ) ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਭਾਰਤੀ ਬਰਸਾਤ ਹੋਣ ਦੀ ਸੰਭਾਵਨਾ ਹੈ।

ਚੇਤਾਵਨੀ ਵਿੱਚ ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਭਾਰੀ ਬਰਸਾਤ ਹੋ ਸਕਦੀ ਹੈ। ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ।