ਨਵੀਂ ਦਿੱਲੀ— ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੋਮਵਾਰ ਲੋਕ ਸਭਾ ‘ਚ ਅਹਿਮ ਮੰਗ ਰੱਖੀ। ਉਨ੍ਹਾਂ ਨੇ ਸੰਸਦ ‘ਚ ਮੰਗ ਰੱਖੀ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਸ਼ਹੀਦ ਭਗਤ ਸਿੰਘ ਜੀ ਨੂੰ, ਰਾਜਗੁਰੂ, ਸੁਖਦੇਵ ਨੂੰ ਸ਼ਹੀਦ-ਏ-ਆਜ਼ਮ ਦਾ ਦਰਜਾ ਦਿੱਤਾ ਹੈ। ਇਨ੍ਹਾਂ ਤਿੰਨੋਂ ਆਜ਼ਾਦੀ ਦੇ ਪਰਵਾਨਿਆਂ ਨੇ ਹੱਸਦੇ-ਹੱਸਦੇ ਫਾਂਸੀ ਦੇ ਫੰਦੇ ਨੂੰ ਚੁੰਮਿਆ।
ਮਨੀਸ਼ ਤਿਵਾੜੀ ਨੇ ਕਿਹਾ ਮੈਂ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਸੁਤੰਤਰਤਾ ਸੰਗਰਾਮ ‘ਚ ਇਨ੍ਹਾਂ ਦੀ ਅਹਿਮ ਭੂਮਿਕਾ ਰਹੀ ਹੈ, ਉਸ ਨੂੰ ਮੁੱਖ ਰਖੱਦਿਆਂ ਇਨ੍ਹਾਂ ਤਿੰਨਾਂ ਕ੍ਰਾਂਤੀਕਾਰੀਆਂ ਨੂੰ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਣਾ ਚਾਹੀਦਾ ਹੈ। ਦੂਜੀ ਗੱਲ ਇਨ੍ਹਾਂ ਨੂੰ ਰਸਮੀ ਤੌਰ ‘ਤੇ ਸ਼ਹੀਦ-ਏ-ਆਜ਼ਮ ਦਾ ਦਰਜਾ ਦਿੱਤਾ ਜਾਵੇ। ਇਸ ਦੇ ਨਾਲ ਉਨ੍ਹਾਂ ਨੇ ਚੰਡੀਗੜ੍ਹ ਦਾ ਇੰਟਰਨੈਸ਼ਨਲ ਏਅਰਪੋਰਟ, ਜੋ ਮੋਹਾਲੀ ਵਿਚ ਸਥਿਤ ਹੈ, ਉਸ ਨੂੰ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦੀ ਸਰਕਾਰ ਤੋਂ ਮੰਗ ਕੀਤੀ। ਦੱਸਣਯੋਗ ਹੈ ਕਿ ਮਨੀਸ਼ ਤਿਵਾੜੀ ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਨੂੰ ਸੰਸਦ ਵਿਚ ਚੁੱਕਿਆ ਹੈ।