ਅੰਮ੍ਰਿਤਸਰ : ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਤੇ ਬਿਆਨ ਨੇ ਸਿੱਖ ਹਲਕਿਆਂ ਵਿਚ ਵੱਡਾ ਰੋਸ ਪੈਦਾ ਕਰ ਦਿੱਤਾ ਹੈ। ਅਮਰੀਕਾ ਦੇ ਸਿੱਖਾਂ ਨੇ ਇਸ ਸਬੰਧੀ ਮੀਟਿੰਗ ਕਰਕੇ ਸਿੱਖ ਆਗੂ ਸਿਰਸਾ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਸਿਰਸਾ ਦੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਅਮਰੀਕਾ ਦੇ ਗੁਰਦੁਆਰਿਆਂ ਦੀ ਸਾਂਝੀ ਜਥੇਬੰਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਹਿੰਮਤ ਸਿੰਘ ਅਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਦਸਿਆ ਕਿ ਉਨ੍ਹਾਂ ਵੱਖ ਵੱਖ ਸਿਖ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਹੈ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਤੇ ਬਿਆਨ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਆਗੂ ਨੇ ਸਰਕਾਰਾਂ ਨੂੰ ਧਰਮ ਅਸਥਾਨਾਂ ਦਾ ਸਰਮਾਇਆ ਵਰਤਣ ਦੀ ਪੇਸ਼ਕਸ਼ ਕੀਤੀ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਦੂਜੇ ਪਾਸੇ ਸ੍ਰੀ ਸਿਰਸਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।































