ਅਸੀਂ ਨਹੀਂ ਭੁਲਾਉਣੀ, ਬੋਲੀ ਹੈ ਪੰਜਾਬੀ ਸਾਡੀ।
ਏਹੋ ਜਿੰਦ ਜਾਨ ਸਾਡੀ,
ਮੋਤੀਆਂ ਦੀ ਖਾਨ ਸਾਡੀ,
ਹੱਥੋਂ ਨਹੀਂ ਗੁਆਉਣੀ, ਬੋਲੀ ਹੈ ਪੰਜਾਬੀ ਸਾਡੀ।
ਤ੍ਰਿੰਞਣਾਂ ਭੰਡਾਰਾਂ ਵਿਚ,
ਵੰਝਲੀ ਤੇ ਵਾਰਾਂ ਵਿਚ,
ਮਿੱਠੀ ਤੇ ਸੁਹਾਉਣੀ, ਬੋਲੀ ਹੈ ਪੰਜਾਬੀ ਸਾਡੀ।
ਜੋਧ ਤੇ ਕਮਾਈਆਂ ਵਿਚ,
ਜੰਗਾਂ ਤੇ ਲੜਾਈਆਂ ਵਿਚ,
ਏਹੋ ਜਿੰਦ ਪਾਉਣੀ, ਬੋਲੀ ਹੈ ਪੰਜਾਬੀ ਸਾਡੀ।
ਫੁੱਲਾਂ ਦੀ ਕਿਆਰੀ ਸਾਡੀ,
ਸੁੱਖਾਂ ਦੀ ਅਟਾਰੀ ਸਾਡੀ,
ਭੁੱਲ ਕੇ ਨਹੀਂ ਢਾਉਣੀ, ਬੋਲੀ ਹੈ ਪੰਜਾਬੀ ਸਾਡੀ।
ਆਪਣੀ ਬੋਲੀ ਨਾਲ ਪਿਆਰ
ਫ਼ਿਰੋਜ਼ਦੀਨ ਸ਼ਰਫ਼
ਬੋਲੀ ਆਪਣੀ ਨਾਲ ਪਿਆਰ ਰੱਖਾਂ
ਇਹ ਗੱਲ ਆਖਣੋਂ ਕਦੇ ਨਾ ਸੰਗਦਾ ਹਾਂ
ਮੋਤੀ ਕਿਸੇ ਸੁਹਾਗਣ ਦੀ ਨੱਥ ਦਾ ਹਾਂ
ਟੁਕੜਾ ਕਿਸੇ ਪੰਜਾਬਣ ਦੀ ਵੰਗ ਦਾ ਹਾਂ।
ਮਿਲੇ ਮਾਣ ਪੰਜਾਬੀ ਨੂੰ ਦੇਸ਼ ਅੰਦਰ
ਆਸ਼ਕ ਮੁੱਢੋਂ ਮੈਂ ਏਸ ਉਮੰਗ ਦਾ ਹਾਂ
ਵਾਰਿਸ ਸ਼ਾਹ ਤੇ ਬੁੱਲ੍ਹੇ ਦੇ ਰੰਗ ਅੰਦਰ
ਡੋਬ ਡੋਬ ਕੇ ਜ਼ਿੰਦਗੀ ਰੰਗਦਾ ਹਾਂ।
ਰਵ੍ਹਾਂ ਏਥੇ ਤੇ ਯੂ.ਪੀ. ਵਿਚ ਕਰਾਂ ਗੱਲਾਂ
ਐਸੀ ਨਕਲ ਨੂੰ ਛਿੱਕੇ ’ਤੇ ਟੰਗਦਾ ਹਾਂ
ਮੈਂ ਪੰਜਾਬੀ, ਪੰਜਾਬੀ ਦਾ ‘ਸ਼ਰਫ਼’ ਸੇਵਕ
ਸਦਾ ਖ਼ੈਰ ਪੰਜਾਬੀ ਦੀ ਮੰਗਦਾ ਹਾਂ।
ਦਿਲ ਦੀ ਬੋਲੀ
ਉਸਤਾਦ ਚਿਰਾਗ ਦੀਨ ‘ਦਾਮਨ’
ਇੱਥੇ ਬੋਲੀ ਪੰਜਾਬੀ ਹੀ ਬੋਲੀ ਜਾਏਗੀ
ਉਰਦੂ ਵਿਚ ਕਿਤਾਬਾਂ ਦੇ ਠਣਦੀ ਰਹੇਗੀ।
ਏਹਦਾ ਪੁੱਤਰ ਹਾਂ ਏਹਦੇ ਤੋਂ ਦੁੱਧ ਮੰਗਨਾਂ,
ਮੇਰੀ ਭੁੱਖ ਏਹੀ ਛਾਤੀ ਤਣਦੀ ਰਹੇਗੀ
ਏਹਦੇ ਲੱਖ ਹਰੀਫ਼ ਪਏ ਹੋਣ ਪੈਦਾ
ਦਿਨ-ਬ-ਦਿਨ ਏਹਦੀ ਸ਼ਕਲ ਬਣਦੀ ਰਹੇਗੀ
ਉਦੋਂ ਤੀਕ ਪੰਜਾਬੀ ਤੇ ਨਹੀਂ ਮਰਦੀ
ਜਦੋਂ ਤੀਕ ਪੰਜਾਬਣ ਕੋਈ ਜਣਦੀ ਰਹੇਗੀ
ਮੈਨੂੰ ਕਈਆਂ ਨੇ ਆਖਿਆ ਕਈ ਵਾਰ
ਤੂੰ ਲੈਣਾ ਪੰਜਾਬ ਦਾ ਨਾਂ ਛੱਡਦੇ।
ਗੋਦੀ ਜਿਸਦੀ ਪਲਕੇ ਜਵਾਨ ਹੋਇਉਂ
ਉਹ ਮਾਂ ਛੱਡ ਦੇ ਤੇ ਗਰਾਂ ਛੱਡਦੇ
ਜੇ ਪੰਜਾਬੀ-ਪੰਜਾਬੀ ਹੀ ਕੂਕਣਾ ਏ,
ਜਿੱਥੇ ਖਲੋਤਾ ਏਂ ਉਹ ਥਾਂ ਛੱਡ ਦੇ।
ਮੈਨੂੰ ਇੰਝ ਲੱਗਦਾ ਲੋਕੀ ਆਖਦੇ ਨੇ
ਤੂੰ ਪੁੱਤਰਾ ਆਪਣੀ ਮਾਂ ਛੱਡ ਦੇ
ਉਰਦੂ ਦਾ ਮੈਂ ਦੋਖੀ ਨਾਹੀਂ ਤੇ
ਦੁਸ਼ਮਣ ਨਹੀਂ ਅੰਗਰੇਜ਼ੀ ਦਾ
ਪੁੱਛਦੇ ਓ ਮੇਰੇ ਦਿਲ ਦੀ ਬੋਲੀ
ਹਾਂ ਜੀ ਹਾਂ, ਪੰਜਾਬੀ ਏ।
ਬੁੱਲ੍ਹਾ ਮਿਲਿਆ ਏਸੇ ਵਿਚ,
ਏਸੇ ਵਿਚ ਵਾਰਿਸ ਵੀ।
ਵਾਰਾਂ ਮਿਲੀਆਂ ਏਸੇ ਵਿਚ
ਮੇਰੀ ਮਾਂ ਪੰਜਾਬੀ ਏ
ਏਹਦੇ ਬੋਲ ਕੰਨਾਂ ਵਿਚ ਪੈਂਦੇ
ਦਿਲ ਮੇਰੇ ਦੇ ਵਿਚ ਰਹਿੰਦੇ
ਤਪਦੀਆਂ ਹੋਈਆਂ ਰੇਤਾਂ ਉੱਤੇ
ਇਕ ਠੰਢੀ ਛਾਂ ਪੰਜਾਬੀ ਏ
ਪੁੱਛਦੇ ਓ ਮੇਰੇ ਦਿਲ ਦੀ ਬੋਲੀ
ਹਾਂ ਜੀ ਹਾਂ, ਪੰਜਾਬੀ ਏ।
….ਧਨੀ ਰਾਮ ਚਾਤ੍ਰਿਕ